ਜੈਤੋ ‘ਚ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਅਦਾਰਿਆਂ ’ਚ ਧੜੱਲੇ ਨਾਲ ਵਰਤੋਂ.!
ਗੈਸ ਸਿਲੰਡਰਾਂ ਦੀ ਵਰਤੋਂ ਨਾਲ ਹਾਦਸੇ ਦਾ ਖ਼ਤਰਾ; ਏ. ਡੀ. ਸੀ. ਵੱਲੋਂ ਕਾਰਵਾਈ ਦਾ ਭਰੋਸਾ, ਦੀਵਾਲੀ ਤੱਕ ਫਾਇਰ ਬ੍ਰਿਗੇਡ ਦੀ ਸਹੂਲਤ ਮਿਲੇਗੀ
ਜੈਤੋ, 29 ਅਕਤੂਬਰ (ਮਨਜੀਤ ਸਿੰਘ ਢੱਲਾ)
ਦੀਵਾਲੀ ਦੇ ਤਿਉਹਾਰ ਮੌਕੇ ਜੈਤੋ ਸ਼ਹਿਰ ਦੀਆਂ ਮਠਿਆਈ ਦੀਆਂ ਦੁਕਾਨਾਂ, ਢਾਬਿਆਂ, ਡੇਅਰੀਆਂ, ਮਿਲਕ ਸੈਂਟਰਾਂ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਖਾਣ-ਪੀਣ ਦੀਆਂ ਰੇਹੜੀਆਂ ’ਤੇ ਘਰੇਲੂ ਗੈਸ ਸਿਲੰਡਰਾਂ ਦੀ ਕਥਿਤ ਤੌਰ ’ਤੇ ਧੜੱਲੇ ਨਾਲ ਹੋ ਰਹੀ ਵਰਤੋਂ ਨੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਵਧਦੀ ਭੀੜ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਗੈਸ ਸਿਲੰਡਰਾਂ ਦੀ ਅਸੁਰੱਖਿਅਤ ਵਰਤੋਂ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ।ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕਈ ਵਪਾਰਕ ਅਦਾਰਿਆਂ ਵੱਲੋਂ ਘਰੇਲੂ ਗੈਸ ਸਿਲੰਡਰ ਵਰਤੇ ਜਾਣ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾਂਦਾ ਹੈ ਕਿ ਕੁਝ ਦੁਕਾਨਾਂ ਵਿੱਚ ਪੰਜ ਤੋਂ ਦਸ ਤੱਕ ਸਿਲੰਡਰ ਰੱਖੇ ਜਾਂਦੇ ਹਨ। ਪਕਵਾਨ ਤਿਆਰ ਕਰਨ ਲਈ ਦੁਕਾਨਾਂ ਦੇ ਬਾਹਰਲੇ ਥੜ੍ਹਿਆਂ, ਚੁਬਾਰਿਆਂ ਅਤੇ ਗੁਦਾਮਾਂ ਵਿੱਚ ਵੀ ਇਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੀਆਂ ਥਾਵਾਂ ’ਤੇ ਗੈਸ ਲੀਕ ਹੋਣ ਜਾਂ ਅੱਗ ਲੱਗਣ ਦੀ ਘਟਨਾ ਵਾਪਰਨ ਨਾਲ ਆਲੇ-ਦੁਆਲੇ ਦੇ ਲੋਕਾਂ ਦੀ ਜਾਨ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ।ਕੁਝ ਦੁਕਾਨਦਾਰਾਂ ਅਨੁਸਾਰ, 19 ਕਿਲੋਗ੍ਰਾਮ ਵਾਲਾ ਵਪਾਰਕ ਗੈਸ ਸਿਲੰਡਰ ਮਹਿੰਗਾ ਹੋਣ ਕਾਰਨ ਉਹ 14.2 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਵਰਤਦੇ ਹਨ। ਉਨ੍ਹਾਂ ਨੇ ਸਬੰਧਤ ਵਿਭਾਗ ਵੱਲੋਂ ਨਿਯਮਤ ਜਾਂਚ ਨਾ ਕੀਤੇ ਜਾਣ ਦੀ ਗੱਲ ਵੀ ਕਹੀ ਹੈ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।ਇਸ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਗੋਇਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਪਾਰਕ ਅਦਾਰਿਆਂ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਅਤੇ ਅਜਿਹੇ ਅਦਾਰਿਆਂ ਵਿੱਚ ਵਪਾਰਕ ਗੈਸ ਸਿਲੰਡਰ ਹੀ ਵਰਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀਐੱਫਐੱਸਸੀ), ਫ਼ਰੀਦਕੋਟ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਜਾਣਗੇ।ਜੈਤੋ ’ਚ ਫਾਇਰ ਬ੍ਰਿਗੇਡ ਦੀ ਘਾਟ, ਹਾਦਸੇ ਦਾ ਖ਼ਤਰਾਜੈਤੋ ਸਬ-ਡਿਵੀਜ਼ਨ ਵਿੱਚ ਫਾਇਰ ਬ੍ਰਿਗੇਡ ਦੀ ਸਥਾਨਕ ਸਹੂਲਤ ਨਾ ਹੋਣਾ ਵੀ ਚਿੰਤਾ ਦਾ ਵਿਸ਼ਾ ਹੈ। ਜਾਣਕਾਰੀ ਅਨੁਸਾਰ, ਅੱਗ ਲੱਗਣ ਦੀ ਐਮਰਜੈਂਸੀ ਸਥਿਤੀ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ 25 ਤੋਂ 30 ਕਿਲੋਮੀਟਰ ਦੂਰੋਂ ਮੰਗਵਾਉਣੀਆਂ ਪੈ ਸਕਦੀਆਂ ਹਨ। ਅਜਿਹੇ ਹਾਲਾਤ ਵਿੱਚ ਅੱਗ ’ਤੇ ਕਾਬੂ ਪਾਉਣ ਵਿੱਚ ਦੇਰੀ ਹੋਣ ਕਾਰਨ ਜਾਨ-ਮਾਲ ਦੇ ਨੁਕਸਾਨ ਦਾ ਖ਼ਤਰਾ ਵਧ ਸਕਦਾ ਹੈ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਦੀਵਾਲੀ ਦੇ ਤਿਉਹਾਰ ਦੇ ਦਿਨਾਂ ਤੱਕ ਜੈਤੋ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਵੱਲੋਂ ਵਪਾਰਕ ਅਦਾਰਿਆਂ ਦੀ ਜਾਂਚ ਕਰਨੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਜ਼ਰੂਰੀ ਹੈ। ਇਸ ਦੇ ਨਾਲ ਹੀ ਅੱਗ ਬੁਝਾਊ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਵੀ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਤਿਉਹਾਰਾਂ ਦੀ ਰੌਣਕ ਕਿਸੇ ਅਣਸੁਖਾਵੀਂ ਘਟਨਾ ਦੀ ਭੇਟ ਨਾ ਚੜ੍ਹੇ।
