ਪੰਥ ਤੇ ਪੰਜਾਬ ਦੇ ਹਿੱਤਾਂ ਦਾ ਪਹਿਰੇਦਾਰ ਹੈ ਅਕਾਲੀ ਦਲ ਵਾਰਿਸ ਪੰਜਾਬ : ਬੀਬੀ ਸਨਦੀਪ ਕੌਰ ਖਾਲਸਾ
ਪੰਜਾਬ ਦੀ ਸਿਆਸੀ, ਧਾਰਮਿਕ ਵਿਰਾਸਤ ਅਤੇ ਹੱਕਾਂ ਦੀ ਰਾਖੀ ਲਈ ਪੰਥਕ ਸੋਚ ਦੀ ਲੋੜ ’ਤੇ ਦਿੱਤਾ ਜ਼ੋਰ
ਜੈਤੋ, 1 ਨਵੰਬਰ (ਮਨਜੀਤ ਸਿੰਘ ਢੱਲਾ)
ਵਿਧਾਨ ਸਭਾ ਹਲਕਾ ਜੈਤੋ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬੀਬੀ ਸਨਦੀਪ ਕੌਰ ਖਾਲਸਾ, ਪਤਨੀ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ, ਸਿੱਖ ਸਿਧਾਂਤਾਂ ਅਤੇ ਪੰਥਕ ਮਰਿਆਦਾਵਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਨੁਸਾਰ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਪੰਥਕ ਏਕਤਾ ਅਤੇ ਲੋਕ ਹਿੱਤਾਂ ਨੂੰ ਸਮਰਪਿਤ ਸੋਚ ਦੀ ਲੋੜ ਹੈ।2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਬੀਬੀ ਖਾਲਸਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਿੱਖ ਪੰਥ ਦੀ ਸਰਕਾਰ ਪੰਜਾਬ ਵਿੱਚ ਸਥਾਪਤ ਹੋਣੀ ਜ਼ਰੂਰੀ ਹੈ, ਤਾਂ ਜੋ ਸੂਬੇ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਦੇ ਨਾਲ-ਨਾਲ ਪੰਜਾਬ ਦੇ ਹੱਕਾਂ, ਪੰਥਕ ਸਿਧਾਂਤਾਂ ਅਤੇ ਸਿੱਖ ਵਿਰਾਸਤ ਦੀ ਰਾਖੀ ਕੀਤੀ ਜਾ ਸਕੇ। ਇਸ ਮੌਕੇ ਭਾਈ ਤੇਜਵਿੰਦਰ ਸਿੰਘ ਰੋਮਾਣਾ, ਗੁਰਪ੍ਰੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।
